ਜਲੰਧਰ : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਸੂਬੇ ਵਿਚ ਨਾਕਸ ਬਿਜਲੀ ਸਪਲਾਈ ਅਤੇ ਅਣ ਐਲਾਨੇ ਕੱਟਾਂ ਨੂੰ ਲੈ ਕੇ ਪੰਜਾਬ ਭਰ ਵਿਚ ਵੱਖ – ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਲੜੀ ਵਿਚ ਜਲੰਧਰ ਜਿਲ੍ਹੇ ਦੇ ਵੱਖ -ਵੱਖ ਬਿਜਲੀ ਘਰਾਂ ਦੇ ਸਾਹਮਣੇ ਅਕਾਲੀ-ਬਸਪਾ ਵਰਕਰਾਂ ਨੇ ਰੋਸ ਧਰਨੇ ਦੇਕੇ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ
ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਲੰਬੀ ਵਿਖੇ ਧਰਨਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ-ਬਸਪਾ ਵਰਕਰਾਂ ਨੇ ਲੰਬੀ ਦੇ ਬਿਜਲੀ ਘਰ ਅੱਗੇ ਧਰਨਾ ਦਿੱਤਾ। ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਬਿਜਲੀ ਮੰਤਰੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਢੇ ਚਾਰ ਸਾਲ ਸੁੱਤੇ ਰਹਿਣ ਕਰ ਕੇ ਪੰਜਾਬ ਬਿਜਲੀ ਸਮਰਥਾ ਦੀ ਰਫ਼ਤਾਰ ਵਿਚ ਫ਼ੇਲ੍ਹ ਹੋ ਗਿਆ।
ਸੁਖਬੀਰ ਸਿੰਘ ਬਾਦਲ ਨੇ ਰੇਤਾ ਖੱਡਾਂ ‘ਚ ਨਜਾਇਜ਼ ਮਾਈਨਿੰਗ ਬਾਰੇ ਕੈਪਟਨ ਸਰਕਾਰ ਦੀਆਂ ਪੋਲਾਂ ਖੋਲ੍ਹਣ ‘ਤੇ ਉਨ੍ਹਾਂ ਖ਼ਿਲਾਫ਼ ਮੁਕੱਦਮੇ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੰਗਾਰਦੇ ਆਖਿਆ ਕਿ ਉਨ੍ਹਾਂ ‘ਤੇ ਮੁਕੱਦਮਾ ਤਾਂ ਦਰਜ ਕਰ ਦਿੱਤਾ ਗਿਆ ਹੈ ਪਰ ਜੇਕਰ ਹਿੰਮਤ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਕੇ ਦਿਖਾਓ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਪ੍ਰਦਰਸ਼ਨ
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਸਾਥੀਆਂ ਸਮੇਤ ਕਸਬਾ ਮਜੀਠਾ ਦੇ ਬਿਜਲੀ ਘਰ ਸਾਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਚੀਫ਼ ਇੰਜੀਨੀਅਰ ਪਾਵਰਕਾਮ ਦਫਤਰ ਦੇ ਸਾਹਮਣੇ ਵੀ ਅੰਮ੍ਰਿਤਸਰ ਦੇ ਅਕਾਲੀ-ਬਸਪਾ ਆਗੂਆਂ ਵਲੋਂ ਬਿਜਲੀ ਕੱਟਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਪੂਰਬੀ ਦੇ ਅਕਾਲੀ ਤੇ ਬਸਪਾ ਵਰਕਰਾਂ ਵੱਲੋਂ ਵੀ ਮਜੀਠਾ ਰੋਡ ਬਿਜਲੀ ਘਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ।
ਕਈਂ ਥਾਈਂ ਪੁਤਲੇ ਵੀ ਸਾੜੇ
ਸਰਦੂਲਗੜ੍ਹ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦੀ ਅਗਵਾਈ ਵਿਚ ਸਰਦੂਲਗੜ੍ਹ ਸ਼ਹਿਰ ਦੇ ਬਿਜਲੀ ਬੋਰਡ ਦਫ਼ਤਰ ਦੇ ਗਰਾਊਂਡ ਵਿਚ 9 ਵਜੇ ਤੋ 11 ਵਜੇ ਤੱਕ ਪਾਵਰ ਕਾਮ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ।
ਰਾਜਪੁਰਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਹੋਰ ਸਿਰਕੱਢ ਆਗੂਆਂ ਦੀ ਅਗਵਾਈ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਦਫ਼ਤਰ ਮੂਹਰੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸੇ ਤਰਾਂ ਸੁਨਾਮ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕੋਟਕਪੂਰਾ ਵਿਖੇ ਵੀ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਟੀਵੀ ਪੰਜਾਬ ਬਿਊਰੋ