Site icon TV Punjab | English News Channel

ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਸਿੱਟ ਖਿਲਾਫ਼ ਅਕਾਲੀ ਦਰਜ ਕਰਵਾਇਗਾ ਪਰਚਾ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ‘ਤੇ ਕਾਂਗਰਸ ਦੇ ਇਸ਼ਾਰਿਆਂ ‘ਤੇ ਕੰਮ ਕਰਨ ਦੇ ਦੋਸ਼ ਲਾਏ ਹਨ।
ਬਿਕਰਮ ਸਿੰਘ ਮਜੀਠੀਆ ਨੇ ਐਸ. ਆਈ. ਟੀ. ਵੱਲੋਂ ਕਾਂਗਰਸ ਪਾਰਟੀ ਦੇ ਇਸ਼ਾਰਿਆਂ ‘ਤੇ ਕੀਤੀ ਜਾ ਪੜਤਾਲ ਦੇ ਸਬੂਤ ਵੀ ਮੀਡੀਆ ਅੱਗੇ ਪੇਸ਼ ਕੀਤੇ। ਮਜੀਠੀਆ ਨੇ ਕਿਹਾ ਕਿ ਇਸ ਜਾਂਚ ਸਬੰਧੀ ਹਾਈਕੋਰਟ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਮਜੀਠੀਆ ਨੇ ਕਿਹਾ ਨਵੀਂ ਐਸ. ਆਈ. ਟੀ. ‘ਚ ਸਿਰਫ ਤਿੰਨ ਮੈਂਬਰ ਸਨ ਪਰ ਇਸ ‘ਚ ਸਿਆਸੀ ਦਖ਼ਲ-ਅੰਦਾਜ਼ੀ ਕਈਆਂ ਵੱਲੋਂŹ ਕੀਤੀ ਜਾ ਰਹੀ ਹੈ ।
ਉਨ੍ਹਾਂ ਕਿਹਾ ਕਿ ਨਵੀਂ ਐਸ. ਆਈ. ਟੀ. ਖ਼ਿਲਾਫ਼ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪਰਚਾ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਚੰਡੀਗੜ੍ਹ ਦਾ ਐਸ. ਐਸ. ਪੀ. ਪੰਜਾਬ ਸਰਕਾਰ ਵੱਲੋਂ ਲਾਇਆ ਜਾਂਦਾ ਹੈ ਪਰ ਫਿਰ ਵੀ ਕਾਨੂੰਨ ਸਭ ਤੋਂ ਉੱਪਰ ਹੈ।

ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਬਾਰੇ ਕਾਂਗਰਸ ਸਰਕਾਰ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦਾ ਕੰਮ ਕਰ ਰਹੀ ਹੈ। ਐਸ. ਆਈ. ਟੀ. ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕਰਨ ਦੇ ਮਾਮਲੇ ਸਬੰਧੀ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਸੁਖਬੀਰ ਬਾਦਲ ਐਸ. ਆਈ. ਟੀ. ਅੱਗੇ ਜ਼ਰੂਰ ਪੇਸ਼ ਹੋਣਗੇ ਅਤੇ ਪੂਰੀ ਤਰ੍ਹਾਂ ਉਸ ਨੂੰ ਸਹਿਯੋਗ ਕਰਨਗੇ।

ਮਜੀਠੀਆ ਨੇ ਕਿਹਾ ਕਿ ਜੇਕਰ ਐਸ. ਆਈ. ਟੀ. ਵੱਲੋਂ ਸਿਆਸਤ ਕੀਤੀ ਗਈ ਤਾਂ ਫਿਰ ਉਸ ਨੂੰ ਸੱਚਾਈ ਵੀ ਦੱਸੀ ਜਾਵੇਗੀ। ਮਜੀਠੀਆ ਨੇ ਇਸ ਮੌਕੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਵਿਨ੍ਹੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਕੋਈ ਕੰਮ ਨਹੀਂ ਕੀਤਾ ਹੈ ਅਤੇ ਹੁਣ ਬੇਅਦਬੀ ਦੇ ਮੁੱਦਿਆਂ ‘ਤੇ ਰੱਜ ਕੇ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਕਿਸੇ ਨਾ ਕਿਸੇ ਤਰ੍ਹਾਂ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ।

ਟੀਵੀ ਪੰਜਾਬ ਬਿਊਰੋ