ਨਵੀ ਦਿੱਲੀ-ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਸੰਕਟ ਜਾਰੀ ਹੈ। ਇਸੇ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ’ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਚੱਲੀ। ਕੈਪਟਨ ਨੇ ਬੈਠਕ ਤੋਂ ਬਾਅਦ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ (ਸੋਨੀਆ ਗਾਂਧੀ) ਨਾਲ ਮਿਲਣ ਆਇਆ ਸੀ, ਪਾਰਟੀ ਦੇ ਅੰਦਰੂਨੀ ਮਾਮਲਿਆਂ ਤੇ ਪੰਜਾਬ ਦੇ ਵਿਕਾਸ ਨੂੰ ਲੈ ਕੇ ਚਰਚਾ ਕੀਤੀ। ਜਿਥੋਂ ਤਕ ਪੰਜਾਬ ਦੀ ਗੱਲ ਹੈ ਤਾਂ ਉਹ ਜੋ ਵੀ ਫ਼ੈਸਲਾ ਲੈਣਗੇ, ਅਸੀਂ ਉਸ ਦੇ ਲਈ ਤਿਆਰ ਹਾਂ। ਅਸੀਂ ਆਗਾਮੀ ਚੋਣਾਂ ਲਈ ਪੁੂਰੀ ਤਰ੍ਹਾਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ’ਚ ਸਭ ਕੁਝ ਠੀਕ-ਠਾਕ ਹੈ।
ਨਵਜੋਤ ਸਿੱਧੂ ਬਾਰੇ ਪੁੱਛੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਾਰੇ ਉਹ ਕੁਝ ਨਹੀਂ ਜਾਣਦੇ। ਸੋਨੀਆ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਨਾਲ ਮੁਲਾਕਾਤ ਕੀਤੀ।
ਗ਼ੌਰਤਲਬ ਹੈ ਕਿ ਪਿਛਲੇ ਦਿਨੀਂ ਕਾਂਗਰਸ ਦੇ ਸਟਾਰ ਪ੍ਰਚਾਰਕ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਸੀ। ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਨੂੰ ਪੰਜਾਬ ਕਾਂਗਰਸ ਦੇ ਵਿੱਚ ਵੱਡਾ ਅਹੁਦਾ ਦੇ ਕੇ ਨਿਵਾਜਿਆ ਜਾ ਸਕਦਾ ਹੈ। ਇਸ ਤੋਂ ਥੋੜ੍ਹੇ ਸਮੇਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਆਉਣਾ ਅਤੇ ਇਹ ਕਹਿਣਾ ਕਿ ਕਾਂਗਰਸ ਹਾਈ ਕਮਾਂਡ ਦਾ ਹਰ ਫ਼ੈਸਲਾ ਮਨਜ਼ੂਰ ਹੈ ਕਈ ਸਵਾਲ ਖੜ੍ਹੇ ਕਰਦਾ ਹੈ । ਇਹ ਵੀ ਹੋ ਸਕਦਾ ਹੈ ਨਵਜੋਤ ਸਿੰਘ ਸਿੱਧੂ ਨੂੰ ਆਉਣ ਵਾਲੇ ਸਮੇਂ ਵਿੱਚ ਵਾਕਿਆ ਹੀ ਵੱਡਾ ਅਹੁਦਾ ਦਿੱਤਾ ਜਾਵੇ ।
ਟੀਵੀ ਪੰਜਾਬ ਬਿਊਰੋ