ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਨੇ ਓ ਬੀ ਸੀ ਰਾਖਵਾਂਕਰਨ ਬਾਰੇ ਵੱਡਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਮੋਦੀ ਸਰਕਾਰ ਨੇ ਅੰਡਰ ਇੰਡੀਆ ਗਰੈਜੂਏਟ ਅਤੇ ਪੋਸਟ ਗ੍ਰੈਜੂਏਟ ਮੈਡੀਕਲ ਅਤੇ ਦੰਦਾਂ ਦੇ ਕੋਰਸਾਂ ਵਿਚ ਦਾਖਲੇ ਲਈ ਸੀਟਾਂ ਦੇ ਆਲ ਇੰਡੀਆ ਕੋਟੇ ਅਧੀਨ ਓ ਬੀ ਸੀ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਲ ਇੰਡੀਆ ਕੋਟਾ ਸਕੀਮ ਵਿਚ ਓਬੀਸੀ ਲਈ 27 ਫੀਸਦੀ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 10 ਫੀਸਦੀ ਰਾਖਵਾਂਕਰਨ ਦੇਣ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸਾਡੇ ਹਜ਼ਾਰਾਂ ਨੌਜਵਾਨਾਂ ਨੂੰ ਹਰ ਸਾਲ ਬਿਹਤਰ ਅਵਸਰ ਪ੍ਰਾਪਤ ਕਰਨ ਅਤੇ ਸਾਡੇ ਦੇਸ਼ ਵਿਚ ਸਮਾਜਿਕ ਨਿਆਂ ਦੀ ਇਕ ਨਵੀਂ ਮਿਸਾਲ ਪੈਦਾ ਕਰਨ ਵਿਚ ਵੱਡੀ ਸਹਾਇਤਾ ਮਿਲੇਗੀ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਹੋਈ ਇਕ ਮੀਟਿੰਗ ਵਿਚ ਸਬੰਧਤ ਕੇਂਦਰੀ ਮੰਤਰਾਲਿਆਂ ਨੂੰ ਲੰਬੇ ਸਮੇਂ ਤੋਂ ਲਟਕ ਰਹੇ ਮਸਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਮੈਡੀਕਲ ਉਮੀਦਵਾਰਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਡਾਕਟਰੀ ਸਿੱਖਿਆ ਦੇ ਆਲ ਇੰਡੀਆ ਕੋਟੇ ਵਿਚ ਓ ਬੀ ਸੀ ਰਾਖਵਾਂਕਰਨ ਦਿੱਤਾ ਜਾਵੇ।
ਪੰਜਾਬ ਬਿਊਰੋ