ਟੀਵੀ ਪੰਜਾਬ ਬਿਊਰੋ- ਡੇਰਾ ਬਾਬਾ ਨਾਨਕ ਦੇ ਇਕ ਪਿੰਡ ‘ਨਿੱਕੂ ਸਰਾਂ’ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿੱਚ ਖੂਨੀ ਝੜਪ ਵਾਪਰੀ। ਇਸ ਝੜਪ ਦੌਰਾਨ 40 ਸਾਲਾ ਵਿਅਕਤੀ ਨੂੰ ਕਹੀ ਨਾਲ ਵੱਢ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਤੋਂ ਬਾਅਦ ਉਕਤ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਦੱਸਿਆ ਕਿ ਉਹ ਪਿੰਡ ਦੇ ਬਾਹਰਵਾਰ ਡੇਰੇ ਉਪਰ ਰਹਿੰਦੇ ਹਨ। ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਨਰਿੰਦਰ ਸਿੰਘ ਪੁੱਤਰ ਚੰਨਣ ਸਿੰਘ ਆਪਣੇ ਘਰ ਨਾਲ ਲੱਗਦੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਉਨ੍ਹਾਂ ਦੇ ਘਰ ਦੇ ਨੇੜੇ ਡੇਰੇ ’ਤੇ ਰਹਿੰਦੇ ਬਲਕਾਰ ਸਿੰਘ, ਜਗਜੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਖੇਤਾਂ ਵਿੱਚ ਕੰਮ ਕਰ ਰਹੇ ਨਰਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸਦੇ ਸਿਰ ਵਿੱਚ ਕਹੀ ਦਾ ਟੱਪ ਮਾਰ ਕੇ ਨਰਿੰਦਰ ਸਿੰਘ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਨਰਿੰਦਰ ਸਿੰਘ ਜ਼ਖ਼ਮਾਂ ਦੀ ਤਾਬ ਨਾ ਸਹਾਰ ਸਕਿਆ ਅਤੇ ਉਸ ਦੀ ਮੌਤ ਹੋ ਗਈ।
ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਪਾਰਟੀ ਨਾਲ ਪਹੁੰਚੇ ਐੱਸ.ਐੱਚ.ਓ. ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿੱਚ ਦੋ ਧਿਰਾਂ ਦੌਰਾਨ ਝੜਪ ਹੋਈ ਹੈ, ਜਿਸ ਵਿੱਚ ਨਰਿੰਦਰ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।