ਜਲੰਧਰ : ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸਿਰਕੱਢ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਕਿਸਾਨਾਂ ਨੂੰ ਰਵਾਇਤੀ ਪਾਰਟੀਆਂ ਵਿਰੁੱਧ ਇਕਜੁੱਟ ਕਰਨ ਲਈ ਲਗਾਤਾਰ ਪੰਜਾਬ ਦੇ ਦੌਰੇ ਕੀਤੇ ਜਾ ਰਹੇ ਹਨ।
ਉਨ੍ਹਾਂ ਵੱਲੋਂ ਪੰਜਾਬ ਦੇ ਦੋਆਬਾ ਖੇਤਰ ਦੇ ਕੀਤੇ ਜਾ ਰਹੇ ਦੌਰੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੱਕ ਫੁੱਲੂ ਵਿਖੇ ਨੌਜਵਾਨ ਕਿਸਾਨ ਆਗੂ ਹਰਜਿੰਦਰ ਸਿੰਘ ਮੰਡੇਰ ਦੇ ਗ੍ਰਹਿ ਵਿਖੇ ਪਹੁੰਚਣ ‘ਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੰਜਾਬ ਦੀ ਸੱਤਾ ‘ਤੇ ਕਾਬਜ਼ ਰਹੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਕੁੱਝ ਨਹੀਂ ਸੰਵਾਰਿਆ ਅਤੇ ਸੂਬੇ ਦੀ ਕਿਸਾਨੀ ਨੂੰ ਆਰਥਿਕ ਮੰਦਹਾਲੀ ਅਤੇ ਖੁਦਕੁਸ਼ੀਆਂ ਦੇ ਰਾਹ ਤੋਰ ਦਿੱਤਾ ਹੈ।
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਸ਼ੁਰੂ ਕਰਨ ਦੀ ਲੋੜ
ਇਸੇ ਤਰਾਂ ਗੜ੍ਹਸ਼ੰਕਰ ਪਹੁੰਚੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਮਿਸ਼ਨ ਪੰਜਾਬ ਤੋਂ ਬਾਅਦ ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਸ਼ੁਰੂ ਕਰਨ ਦੀ ਲੋੜ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਉਨ੍ਹਾਂ ਕੇਂਦਰ ਸਰਕਾਰ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਆੜੇ ਹੱਥੀ ਲਿਆ।
ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਵੀ ਅਸੀਂ ਵੈਂਟੀਲੇਟਰ ‘ਤੇ ਹੀ ਹੋਵਾਂਗੇ। ਉਨ੍ਹਾਂ ਦਾ ਕਹਿਣਾ ਸੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਿਸਾਨਾਂ ਮਜ਼ਦੂਰਾਂ ਨੂੰ ਇਕਜੁੱਟ ਹੋ ਕੇ ਇਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਵੱਡਾ ਸਬਕ ਸਿਖਾਉਣ ਦੀ ਲੋੜ ਹੈ।
ਖਟਕੜ ਕਲਾਂ ਪਹੁੰਚੇ ਗੁਰਨਾਮ ਸਿੰਘ ਚੜੂਨੀ
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ ‘ਤੇ ਸਿਜਦਾ ਕੀਤਾ ਗਿਆ।
ਉਨ੍ਹਾਂ ਆਖਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਭਾਵੇਂ ਕੋਈ ਵੀ ਫ਼ੈਸਲਾ ਲਿਆ ਗਿਆ ਹੈ ਪਰ ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ ਹੈ। ਜਿਸ ਦਾ ਖਟਕੜ ਕਲਾਂ ਦੀ ਧਰਤੀ ਤੋਂ ਆਗਾਜ਼ ਕੀਤਾ ਗਿਆ ਹੈ।
ਉਨ੍ਹਾਂ ਦਾ ਕਿਹਾ ਸਾਡੀ ਜਥੇਬੰਦੀ ਦਾ ਵਿਚਾਰ ਹੈ ਕਿ ਸਾਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨੀਆਂ ਚਾਹੀਦੀਆਂ ਹਨ ਅਤੇ ਚੰਗੇ ਅਕਸ ਵਾਲੇ ਉਮੀਦਵਾਰ ਅੱਗੇ ਲਿਆਉਣੇ ਚਾਹੀਦੇ ਹਨ।
ਟੀਵੀ ਪੰਜਾਬ ਬਿਊਰੋ