ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐਮ.ਬੀ.ਬੀ.ਐਸ, ਬੀ.ਡੀ.ਐਸ., ਬੀ.ਏ.ਐਮ.ਐਸ. ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ 2021 ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਸੋਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫੈਸਲਾ ਕਰੋਨਾ ਦੇ ਦਿਨੋਂ ਦਿਨ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ।
ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਕਰੋਨਾ ਬੀਮਾਰੀ ਦੀ ਦੂਸਰੀ ਲਹਿਰ ਦਾ ਟਾਕਰਾ ਕਰਨ ਲਈ ਵਿਭਾਗ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ, ਐਸ.ਆਰ., ਜੇ.ਆਰ ਅਤੇ ਪੈਰਾਂ ਮੈਡੀਕਲ ਸਟਾਫ਼ ਵੱਲੋਂ ਬਹੁਤ ਪ੍ਰਸੰਸਾ ਯੋਗ ਕੰਮ ਕੀਤਾ ਗਿਆ ਹੈ ਜਿਸ ਸਦਕਾ ਕਰੋਨਾ ਮਹਾਮਾਰੀ ਦਾ ਟਾਕਰਾ ਕਰਨ ਵਿਚ ਸੂਬਾ ਸਰਕਾਰ ਸਫਲ ਹੋਈ ਹੈ।
ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਮੈਡੀਕਲ, ਡੈਂਟਲ, ਨਰਸਿੰਗ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।