Site icon TV Punjab | English News Channel

ਕਾਂਗਰਸ ਘਮਸਾਨ: 20 ਜੂਨ ਨੂੰ ਹੋਵੇਗੀ ਕੈਪਟਨ ਅਤੇ ਸਿੱਧੂ ਦੀ ਸੋਨੀਆਂ ਗਾਂਧੀ ਸਾਹਮਣੇ ਪੇਸ਼ੀ

ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ’ਚ ਮੱਚਿਆ ਘਮਾਸਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਸਬੰਧੀ ਪਿਛਲੇ ਸਮੇਂ ਦੌਰਾਨ ਕਾਂਗਰਸ ਹਾਈ ਕਮਾਂਡ ਨੇ ਖੜਗੇ ਕਮੇਟੀ ਗਠਿਤ ਕੀਤੀ ਸੀ ਅਤੇ ਪੰਜਾਬ ਤੋਂ ਕਈ ਆਗੂਆਂ ਅਤੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਸੀ। ਇਨ੍ਹਾਂ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਇਸ ਕਮੇਟੀ ਨੇ ਕਾਂਗਰਸ ਹਾਈ ਕਮਾਨ ਨੂੰ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਸੀ। ਇਸ ਸਭ ਤੋਂ ਬਾਅਦ ਹੁਣ ਕਾਂਗਰਸ ਹਾਈ ਕਮਾਂਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਤਲਬ ਕੀਤਾ ਹੈ। 20 ਜੂਨ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੈਪਟਨ ਅਤੇ ਸਿੱਧੂ ਸਹਿਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ’ਚ ਮੱਲਿਕਾਰਜੁਨ ਕਮੇਟੀ ਦੀਆਂ ਸਿਫਾਰਿਸ਼ਾਂ ਅਤੇ ਸੁਝਾਵਾਂ ’ਤੇ ਸੀਨੀਅਰ ਆਗੂਆਂ ਨਾਲ ਮੰਥਨ ਕੀਤਾ ਜਾਵੇਗਾ। ਨਾਲ ਹੀ ਕੈਪਟਨ ਅਤੇ ਸਿੱਧੂ ਵਿਚਕਾਰ ਚੱਲ ਰਹੇ ਘਮਸਾਨ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਵੀ ਮੱਲਿਕਾਰਜੁਨ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਰਾਹੁਲ ਗਾਂਧੀ ਨੇ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰ ਕੇ ਕਾਂਗਰਸ ਪ੍ਰਧਾਨ ਨੂੰ ਪੂਰੇ ਮਾਮਲੇ ਤੋਂ ਜਾਣੂੰ ਕਰਵਾ ਦਿੱਤਾ ਹੈ ਅਤੇ ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਸ ’ਤੇ ਫ਼ੈਸਲਾ ਸੁਣਾਉਣਾ ਹੈ।ਇਸ ਕਾਰਨ ਸੋਨੀਆ ਗਾਂਧੀ ਨੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਹੈ ਤਾਂ ਕਿ ਫ਼ੈਸਲੇ ਤੋਂ ਪਹਿਲਾਂ ਅੰਤਿਮ ਦੌਰ ਦੀ ਗੱਲਬਾਤ ਕਰ ਕੇ ਸਰਵਸੰਮਤੀ ਦਾ ਰਾਹ ਤਿਆਰ ਕੀਤਾ ਜਾ ਸਕੇ।