ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਟੀਮ ਦੇ ਮਾਹਿਰ ਅਤੇ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਨੇ ਇਸ ਲਈ ਨਿੱਜੀ ਕਾਰਣਾਂ ਦਾ ਹਵਾਲਾ ਦਿੱਤਾ ਹੈ। ਵਿਜੇ ਸਿੰਗਲਾ ਨੂੰ ਐੱਸ.ਆਈ.ਟੀ. ਵਲੋਂ ਮਾਹਿਰ ਦੇ ਤੌਰ ’ਤੇ ਆਪਣੇ ਨਾਲ ਲਾਇਆ ਗਿਆ ਸੀ।
ਗੌਰਤਲਬ ਹੈ ਕਿ ਉਨ੍ਹਾਂ ਨੇ ਇਹ ਅਸਤੀਫਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਦੌਰਾਨ ਵਿਵਾਦ ਖੜ੍ਹਾ ਹੋਣ ਤੋਂ ਬਾਅਦ ਦਿੱਤਾ। ਉਹ ਐੱਸ.ਆਈ.ਟੀ. ਵਲੋਂ ਜਾਂਚ ਦੌਰਾਨ ਕਾਨੂੰਨੀ ਪੇਚੀਦਗੀਆਂ ’ਤੇ ਐੱਸ.ਆਈ.ਟੀ. ਮੈਬਰਾਂ ਨੂੰ ਸਲਾਹ ਦਿੰਦੇ ਸਨ ਪਰ ਹਾਲ ਹੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਪਹੁੰਚੀ ਐੱਸ.ਆਈ.ਟੀ. ਵਿਚ ਉਨ੍ਹਾਂ ਦੀ ਹਾਜ਼ਰੀ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਤਰਾਜ਼ ਜਤਾਇਆ ਸੀ ਅਤੇ ਉਨ੍ਹਾਂ ਨੂੰ ਸਵਾਲ ਪੁੱਛਣ ਤੋਂ ਵੀ ਰੋਕਿਆ ਸੀ। ਇਸ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਬਾਅਦ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਵੀ ਜ਼ੋਰਦਾਰ ਤਰੀਕੇ ਨਾਲ ਚੁੱਕਿਆ ਗਿਆ ਸੀ। ਇਸ ਸਭ ਦੇ ਦਰਮਿਆਨ ਸ਼ੁੱਕਰਵਾਰ ਨੂੰ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਅਸਤੀਫ਼ਾ ਦੇ ਦਿੱਤਾ।
ਟੀਵੀ ਪੰਜਾਬ ਬਿਊਰੋ