ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉੱਤੇ ਵੈਕਸੀਨ ਘਪਲੇ ਦੇ ਲੱਗੇ ਦੋਸ਼ਾਂ ਦਾ ਮਾਮਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ । ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਹਤ ਮੰਤਰੀ ‘ਤੇ ਲੱਗੇ ਵੈਕਸੀਨ ਘਪਲੇ ਦੀ ਸੀਬੀਆਈ ਜਾਂਚ ਅਤੇ ਬਲਬੀਰ ਸਿੱਧੂ ਦੇ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਘਰ ਅੱਗੇ ਅੱਜ ਧਰਨਾ ਦੇਣਗੇ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਵੱਲੋਂ ਇਥੇ ਜਾਰੀ ਬਿਆਨ ’ਚ ਦੱਸਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੋ ਘੰਟੇ ਲਈ ਧਰਨੇ ਦੀ ਅਗਵਾਈ ਕਰਨਗੇ ਅਤੇ ਇਸ ਧਰਨੇ ’ਚ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਸੀਨੀਅਰ ਪਾਰਟੀ ਲੀਡਰਸ਼ਿਪ ਸ਼ਾਮਲ ਹੋਵੇਗੀ।
ਪਾਰਟੀ ਦੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਮੰਨਿਆ ਹੈ ਕਿ ਇਸ ਨੇ ਕੇਂਦਰ ਤੋਂ ਪ੍ਰਾਪਤ ਹੋਈਆਂ ਕੋਰੋਨਾ ਵਾਇਰਸ ਦੀਆਂ 1 ਲੱਖ ਵੈਕਸੀਨ ਡੋਜ਼ਾਂ ਵਿਚੋਂ 80 ਹਜ਼ਾਰ ਭਾਰੀ ਮੁਨਾਫ਼ਾ ਕਮਾ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀਆਂ ਹਨ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਡੋਜ਼ ’ਤੇ ਹੋਰ ਪ੍ਰੀਮੀਅਮ ਲੈਣ ਦੀ ਆਗਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਭੇਜਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ । ਇਸ ਲਈ ਉਨ੍ਹਾਂ ਉੱਤੇ ਹਰ ਹਾਲ ਹੀ ਕਾਰਵਾਈ ਕਰਨੀ ਲਾਜ਼ਮੀ ਬਣਦੀ ਹੈ।