Site icon TV Punjab | English News Channel

ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਨਾਲ ਹੀ ਗੰਨਾ ਕਿਸਾਨਾਂ ਵੱਲੋਂ ਸੰਘਰਸ਼ ਖਤਮ ਕਰਨ ਦਾ ਫੈਸਲਾ

FacebookTwitterWhatsAppCopy Link

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਲ 2021-22 ਲਈ ਗੰਨੇ ਦੇ ਪਿੜਾਈ ਸੀਜ਼ਨ ਲਈ ਸੂਬੇ ਵਿੱਚ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਜੋ ਗੁਆਂਢੀ ਸੂਬੇ ਹਰਿਆਣਾ ਨਾਲੋਂ 2 ਰੁਪਏ ਵੱਧ ਹੈ, ਕਰਨ ਦੇ ਐਲਾਨ ਦੇ ਹੁੰਗਾਰੇ ਵਜੋਂ ਪੰਜਾਬ ਦੇ ਗੰਨਾ ਕਿਸਾਨਾਂ ਨੇ ਮੰਗਲਵਾਰ ਨੂੰ ਆਪਣਾ ਸੰਘਰਸ਼ ਖਤਮ ਕਰਨ ਦਾ ਫੈਸਲਾ ਕੀਤਾ।

ਇਹ ਮਾਮਲਾ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਕਿਸਾਨ ਯੂਨੀਅਨ ਆਗੂਆਂ ਨਾਲ ਮੀਟਿੰਗ ਵਿੱਚ ਹੱਲ ਹੋਇਆ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਐਲਾਨੇ ਜਾਂਦੇ ਗੰਨੇ ਦੇ ਭਾਅ (ਐਸ.ਏ.ਪੀ.) ਵਿੱਚ ਵਾਧੇ ਦੀ ਸਹਿਮਤੀ ਦਿੰਦਿਆਂ ਕਿਹਾ ਕਿ ਪਿਛਲੇ ਤਿੰਨ-ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਸਥਿਤੀ ਕਾਰਨ ਸਰਕਾਰ ਨੂੰ ਗੰਨੇ ਦਾ ਢੁੱਕਵਾਂ ਭਾਅ ਵਧਾਉਣ ਲਈ ਰੋਕੀ ਰੱਖਿਆ।

ਕਿਸਾਨ ਯੂਨੀਅਨ ਆਗੂਆਂ ਨੇ ਪਹਿਲਾਂ ਕਿਹਾ ਕਿ ਪੰਜਾਬ ਇਸ ਸਮੇਂ ਦੌਰਾਨ ਹਰਿਆਣਾ ਦੀ ਤਰਜ਼ ‘ਤੇ ਗੰਨੇ ਦਾ ਭਾਅ ਵਧਾਉਣ ਵਿੱਚ ਨਾਕਾਮ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਲਈ ਕਿਸਾਨਾਂ ਉਤੇ ਦੋਸ਼ ਨਹੀਂ ਦਿੱਤਾ ਜਾ ਸਕਦਾ ਜਿਹੜੀ ਕਿ ਪੰਜਾਬ ਦੇ ਮਾੜੇ ਵਿੱਤੀ ਹਾਲਾਤਾਂ ਕਾਰਨ ਪੈਦਾ ਹੋਈ ਹੈ।

ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਹਨ ਅਤੇ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਆਪਣਾ ਸਰਵੋਤਮ ਕਰਨਾ ਚਾਹੁੰਦੇ ਹਨ, ਸੂਬੇ ਦੇ ਵਿੱਤੀ ਸੰਕਟ ਕਾਰਨ ਉਹ ਪਹਿਲਾਂ ਗੰਨੇ ਦਾ ਭਾਅ ਵਧਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਆਰਥਿਕ ਪ੍ਰਸਥਿਤੀਆਂ ਦੇ ਮੱਦੇਨਜ਼ਰ ਸਹਿਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ ਨਾਲ ਜੁੜੇ ਕਿਸਾਨਾਂ ਦੀਆਂ ਲੋੜਾਂ ਦਾ ਸੰਤੁਲਨ ਬਣਾਉਣਾ ਬਹੁਤ ਔਖਾ ਹੈ।

ਰਾਣਾ ਗੁਰਜੀਤ ਸਿੰਘ ਜੋ ਕਾਂਗਰਸ ਦੇ ਵਿਧਾਇਕ ਤੋਂ ਇਲਾਵਾ ਖੁਦ ਖੰਡ ਮਿੱਲ ਦੇ ਮਾਲਕ ਵੀ ਹਨ, ਨੇ ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾਂ ਦੀ ਮੰਗ ਦੀ ਹਮਾਇਤ ਕੀਤੀ। ਸੰਯੁਕਤ ਕਿਸਾਨ ਮੋਰਚਾ ਜੋ ਬੀਤੇ ਕਈ ਦਿਨਾਂ ਤੋਂ ਗੰਨਾ ਕਿਸਾਨਾਂ ਦਾ ਅੰਦੋਲਨ ਚਲਾ ਰਿਹਾ ਹੈ, ਦੀ ਨੁਮਾਇੰਦਗੀ ਕਰ ਰਹੇ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਸਮੱਸਿਆ ਸੁਲਝਾਉਣ ਅਤੇ ਗੰਨੇ ਦੇ ਭਾਅ ਵਿਚ ਵਾਧੇ ਦਾ ਐਲਾਨ ਕਰਨ ਲਈ ਧੰਨਵਾਦ ਕੀਤਾ।

ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ਵਿਖੇ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਕਿਸਾਨਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 5 ਲੱਖ ਰੁਪਏ ਦਾ ਮੁਆਵਜ਼ੇ ਦੇਣ ਦੇ ਕਦਮ ਦੀ ਵੀ ਸ਼ਲਾਘਾ ਕੀਤੀ। ਮੁੱਖ ਮੰਤਰੀ ਵੱਲੋਂ ਮੰਗ ਨੂੰ ਪ੍ਰਵਾਨ ਕਰਨ ਤੋਂ ਖੁਸ਼ੀ ਜ਼ਾਹਰ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਸਮੇਤ ਸੰਯੁਕਤ ਮੋਰਚੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।

ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਵਿੱਚੋਂ ਰਾਜੇਵਾਲ ਤੋਂ ਇਲਾਵਾ ਕੁਲਵੰਤ ਸਿੰਘ ਸੰਧੂ, ਹਰਮੀਤ ਕਾਦੀਆ, ਜੰਗਵੀਰ ਸਿੰਘ ਚੌਹਾਨ, ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ, ਕੁਲਦੀਪ ਸਿੰਘ ਵਜੀਦਪੁਰ, ਬਲਦੇਵ ਸਿੰਘ ਸਿਰਸਾ, ਬਲਦੇਵ ਸਿੰਘ ਦੱਪਰ ਤੇ ਬਲਵਿੰਦਰ ਸਿੰਘ ਔਲਖ ਹਾਜ਼ਰ ਸਨ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਨਾਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੰਸਦ ਮੈਂਬਰ ਪਰਨੀਤ ਕੌਰ ਤੇ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਡਾ. ਰਾਜ ਕੁਮਾਰ ਵੇਰਕਾ, ਫਤਹਿਜੰਗ ਸਿੰਘ ਬਾਜਵਾ, ਨਵਜੇਤ ਸਿੰਘ ਚੀਮਾ ਤੇ ਸੁਸ਼ੀਲ ਕੁਮਾਰ ਰਿੰਕੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ, ਵਿੱਤ ਕਮਿਸ਼ਨਰ ਸਹਿਕਾਰਤਾ ਕੇ ਸਿਵਾ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ ਤੇ ਕੇਨ ਕਮਿਸ਼ਨਰ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ।

ਟੀਵੀ ਪੰਜਾਬ ਬਿਊਰੋ

Exit mobile version